ਕੈਪਟਨ ਦੀ ਫੁਰਤੀ ਤੋਂ ਜਨਤਾ ਖੁਸ਼

-ਪੰਜਾਬੀਲੋਕ ਬਿਊਰੋ
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਵਾਰ ਬਦਲੇ ਹੋਏ ਰੂਪ ਵਿੱਚ ਨਜ਼ਰ ਆ ਰਹੀ ਹੈ। ਪਹਿਲੀ ਵਾਰ ਹੈ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਹੀ ਕੈਬਨਿਟ ਦੇ ਫੈਸਲੇ ਲਾਗੂ ਹੋ ਰਹੇ ਹਨ। ਸਰਕਾਰ ਦੀ ਇਹ ਫੁਰਤੀ ਤੋਂ ਲੋਕ ਹੈਰਾਨ ਹਨ ਤੇ ਨਾਲ ਹੀ ਖੁਸ਼ ਵੀ। ਕੈਬਨਿਟ ਦੀ ਪਲੇਠੀ ਮੀਟਿੰਗ ਵਿੱਚ ਵੀਆਈਪੀ ਸੱਭਿਆਚਾਰ ਨੂੰ ਖਤਮ ਕਰਨ ਦਾ ਫੈਸਲਾ ਲਿਆ ਗਿਆ ਸੀ। ਰਸਮੀ ਨੋਟੀਫਿਕੇਸ਼ਨ ਉਡੀਕੇ ਬਿਨਾਂ ਹੀ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਵਾਹਨਾਂ ਤੋਂ ਲਾਲ ਬੱਤੀਆਂ ਹਟਾ ਦਿੱਤੀਆਂ ਗਈਆਂ। ਮੁੱਖ ਮੰਤਰੀ ਤੇ ਮੰਤਰੀਆਂ ਨੂੰ ਲਾਲ ਬੱਤੀ ਲਾਉਣ ਦੀ ਖੁੱਲ ਦਿੱਤੀ ਗਈ ਸੀ ਪਰ ਕੈਬਨਿਟ ਨੇ ਇਸ ਫੈਸਲੇ ਨੂੰ ਸਾਰਿਆਂ ‘ਤੇ ਲਾਗੂ ਕਰ ਦਿੱਤਾ ਹੈ। ਵੀਆਈਪੀ ਸੱਭਿਆਚਾਰ ਖ਼ਤਮ ਕਰਨ ਲਈ ਸਰਕਾਰ ਦਾ ਇਹ ਕਦਮ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੈ। ਉਂਝ ਚੋਣ ਮਨੋਰਥ ਪੱਤਰ ਵਿੱਚ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਨੂੰ ਇਸ ਘੇਰੇ ਤੋਂ ਬਾਹਰ ਰੱਖਿਆ ਗਿਆ ਸੀ ਪਰ ਸਮੁੱਚੀ ਕੈਬਨਿਟ ਨੇ ਆਪਣੇ ਆਪ ਨੂੰ ਇਸ ਦੇ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ। ਹੁਣ ਐਂਬੂਲੈਂਸ, ਅੱਗ ਬੁਝਾਊ ਵਾਹਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਤੇ ਬਾਕੀ ਜੱਜਾਂ ਦੇ ਵਾਹਨਾਂ ਨੂੰ ਛੱਡ ਕੇ ਸਰਕਾਰੀ ਵਾਹਨਾਂ ‘ਤੇ ਲਾਲ ਬੱਤੀ ਦੀ ਵਰਤੋਂ ਨਾ ਕਰਨ ਬਾਰੇ ਨੀਤੀ ਨੂੰ ਅੰਤਮ ਰੂਪ ਦੇਣ ਦੀ ਪ੍ਰੀਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ। ਨੋਟੀਫਿਕੇਸ਼ਨ ਜਾਰੀ ਹੁੰਦੇ ਸਾਰ ਸਾਰੇ ਸਰਕਾਰੀ ਵਿਭਾਗਾਂ ਵੱਲੋਂ ਇਸ ਦੀ ਪਾਲਣਾ ਕੀਤੀ ਜਾਵੇਗੀ।