ਛੇਵੇਂ ਪਾਤਸ਼ਾਹ ਦਾ ਗੁਰਿਆਈ ਦਿਵਸ ਮਨਾਇਆ

-ਪੰਜਾਬੀਲੋਕ ਬਿਊਰੋ
ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਹਾਰ, ਬੰਦੀਛੋੜ ਸਤਿਗੁਰੂ ਛੇਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਅੱਜ ਸਮੂਹ ਸੰਗਤਾਂ ਵੱਲੋਂ ਬਹੁਤ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਸਥਾਨਾਂ ‘ਤੇ ਸਮਾਗਮਾਂ ਕਰਵਾਏ ਗਏ। ਇਸ ਮੌਕੇ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ। ਦੇਸ਼ ਵਿਦੇਸ਼ ਤੋਂ ਸ਼ਰਧਾਲੂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪੂਜ ਕੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ। ਅੱਜ ਦੇ ਇਸ ਪਵਿੱਤਰ ਦਿਹਾੜੇ ਮੌਕੇ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਦੇ ਪਵਿੱਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਸਜਾਏ ਗਏ। ਇਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਘੰਟਿਆਂਬੱਧੀ ਕਤਾਰਾਂ ਵਿੱਚ ਖੜੇ ਹੋ ਕੇ ਪਵਿਤਰ ਜਲੌਅ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕੀਤਾ।
ਅੱਜ ਅਕਾਲ ਤਖਤ ਸਾਹਿਬ ਵਿਖੇ ਵੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ ਅਨੇਕਾਂ ਪੰਥ ਪ੍ਰਸਿੱਧ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਅੱਜ ਸਾਰੇ ਖਾਲਸਾ ਪੰਥ ਲਈ ਸਗੋਂ ਸਮੁੱਚੀ ਮਾਨਵਤਾ ਲਈ ਖੁਸ਼ੀਆਂ ਦਾ ਦਿਹਾੜਾ ਹੈ। ਅੱਜ ਦੇ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਗੱਦੀ ‘ਤੇ ਬਿਰਾਜਮਾਨ ਹੋਏ ਤੇ ਗੁਰੂ ਨਾਨਕ ਵੱਲੋਂ ਦਿਖਾਏ ਰਸਤੇ ‘ਤੇ ਚਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਭਗਤੀ ਤੇ ਸ਼ਕਤੀ ਦਾ ਸਿਧਾਂਤ ਪੱਕਿਆਂ ਕੀਤਾ। ਸਿੱਖ ਕੌਮ ਨੂੰ ਜਬਰ ਤੇ ਜ਼ੁਲਮ ਦਾ ਟਾਕਰਾ ਕਰਨ ਲਈ ਬਲ ਬਖਸ਼ਿਆ। ਪ੍ਰੋਫੈਸਰ ਬਡੂੰਗਰ ਨੇ ਸਾਰੀ ਮਾਨਵਤਾ ਨੂੰ ਗੁਰੂ ਸਾਹਿਬ ਦੇ ਗੁਰੂਆਈ ਦਿਵਸ ਦੀ ਵਧਾਈ ਦਿਤੀ।