• Home »
  • ਖਬਰਾਂ
  • » ਪੰਗਤ, ਸੰਗਤ, ਲੰਗਰ ਤੋਂ ਬੜੇ ਪ੍ਰਭਾਵਿਤ ਹੋਏ ਰਾਸ਼ਟਰਪਤੀ

ਪੰਗਤ, ਸੰਗਤ, ਲੰਗਰ ਤੋਂ ਬੜੇ ਪ੍ਰਭਾਵਿਤ ਹੋਏ ਰਾਸ਼ਟਰਪਤੀ

-ਪੰਜਾਬੀਲੋਕ ਬਿਊਰੋ
ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨਾਂ ਦੇ ਪਰਿਵਾਰਕ ਮੈਂਬਰ ਅਤੇ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਵੀ ਨਾਲ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚਣ ‘ਤੇ ਸ੍ਰੀ ਰਾਮਨਾਥ ਕੋਵਿੰਦ ਦਾ ਘੰਟਾ ਘਰ ਦੇ ਬਾਹਰ ਪਲਾਜ਼ਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।
ਸ੍ਰੀ ਕੋਵਿੰਦ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ ਅਤੇ ਪੰਗਤ ਵਿਚ ਬੈਠ ਕੇ ਪ੍ਰਸ਼ਾਦਾ ਛਕਿਆ।ਉਨਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਗਵਰਨਰ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪ੍ਰਸ਼ਾਦ ਰੂਪ ਵਿਚ ਸਿਰੋਪਾਓ ਅਤੇ ਫੁੱਲਾਂ ਦਾ ਹਾਰ ਬਖਸ਼ਿਸ਼ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਵਿਖੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਉਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ/ਸ਼ਾਲ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।ਵਿਜ਼ਟਰ ਬੁੱਕ ਵਿਚ ਆਪਣੇ ਅਨੁਭਵ ਦਰਜ ਕਰਦਿਆਂ ਉਨਾਂ ਲਿਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕ ਕੇ ਉਨਾਂ ਨੂੰ ਜੋ ਅਨੁਭਵ ਹੋਇਆ ਉਸ ਨੂੰ ਪਰਮਾਤਮਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸ਼ੀਰਵਾਦ ਵਜੋਂ ਮਹਿਸੂਸ ਕਰਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ ਤੇ ਸ. ਜੈਪਾਲ ਸਿੰਘ ਮੰਡੀਆਂ, ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਅਜਾਇਬ ਸਿੰਘ ਅਭਿਆਸੀ, ਸ. ਹਰਪਾਲ ਸਿੰਘ ਜੱਲਾ ਤੇ ਸ. ਅਵਤਾਰ ਸਿੰਘ ਵਣਵਾਲਾ, ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ,ਮੈਨੇਜਰ ਦਰਬਾਰ ਸਾਹਿਬ ,ਸ. ਸੁਲੱਖਣ ਸਿੰਘ ਭੰਗਾਲੀ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਸ. ਅੰਮ੍ਰਿਤਪਾਲ ਸਿੰਘ ਹਾਜ਼ਰ ਸਨ