ਜਸਟਿਸ ਰਣਜੀਤ ਸਿੰਘ ਕਮਿਸ਼ਨ ਬਾਦਲਾਂ ਨਾਲ ਸਖਤ ਨਰਾਜ਼

-ਪੰਜਾਬੀਲੋਕ ਬਿਊਰੋ
ਪੰਜਾਬ ਚ ਹੋਈਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਰਵੱਈਏ ਤੋਂ ਨਾਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਬਾਦਲ ਦੇ ਰਵੱਈਏ ਨੂੰ ਕਿਸੇ ਵੀ ਤਰਾਂ ਜਾਇਜ਼ ਨਹੀਂ ਆਖਿਆ ਜਾ ਸਕਦਾ। ਦਰਅਸਲ ਸ. ਬਾਦਲ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਈਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਦੇਣ ਲਈ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਕਮਿਸ਼ਨ ਨੇ ਬਾਦਲ ਦੀ ਨੋਟਿਸ ਵਾਪਸ ਲੈਣ ਦੀ ਅਰਜ਼ੀ ਵੀ ਰੱਦ ਕਰ ਦਿੱਤੀ ਹੈ।
ਕਮਿਸ਼ਨ ਨੇ ਬਾਦਲ ਨੂੰ ਭੇਜੇ ਜਵਾਬ ਵਿੱਚ ਕਿਹਾ ਕਿ ਉਹ ਉੁਸ ਵੇਲੇ ਰਾਜ ਦੇ ਮੁੱਖ ਮੰਤਰੀ ਸਨ ਜਿਸ ਕਰਕੇ ਉਹ ਇਨਾਂ ਮਾਮਲਿਆਂ ਬਾਰੇ ਜਾਣਕਾਰੀ ਦੇਣ ਦੀ ਸਥਿਤੀ ਵਿੱਚ ਸਨ। ਹਾਲਾਂਕਿ ਬਾਦਲ ਨੇ ਇਸ ਬਿਨਾਅ ‘ਤੇ ਕਿਸੇ ਵੀ ਤਰਾਂ ਦੀ ਜਾਣਕਾਰੀ ਦੇਣ ਤੋਂ ਮਨਾਂ ਕਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਮਾਨਤਾ ਨਹੀਂ ਦਿੰਦਾ ਤੇ ਇਸ ਲਈ ਉਹ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਣਗੇ।ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਜੇ ਇਸ ਤਰਾਂ ਦੀ ਖੁੱਲ ਕਿਸੇ ਵਿਅਕਤੀ ਨੂੰ ਦੇ ਦਿੱਤੀ ਜਾਂਦੀ ਹੈ ਤਾਂ ਜਾਂਚ ਕਮਿਸ਼ਨ ਦਾ ਮੰਤਵ ਹੀ ਖਤਮ ਹੋ ਜਾਂਦਾ ਹੈ। ਕਮਿਸ਼ਨ ਨੂੰ ਇੱਕ ਜ਼ਿੰਮਾ ਸੌਂਪਿਆ ਗਿਆ ਹੈ ਤੇ ਉਹ ਪੂਰੀ ਇਮਾਨਦਾਰੀ, ਸੁਹਿਰਦਤਾ ਤੇ ਤਨਦੇਹੀ ਨਾਲ ਇਸ ਨੂੰ ਪੂਰਾ ਕਰਨ ਲਈ ਵਚਨਬੱਧ ਹਨ। ਜ਼ਿੰਮੇਵਾਰੀ ਤੋਂ ਭੱਜਣਾ ਕਾਇਰਾਂ ਦੀ ਨਿਸ਼ਾਨੀ ਹੁੰਦੀ ਹੈ।ਪਰ ਬਾਦਲਾਂ ਵਲੋਂ ਇਸ ਕਮਿਸ਼ਨ  ਨੂੰ ਰੱਦ ਕੀਤਾ ਜਾ ਚੁੱਕਿਆ ਹੈ।